ਸਿੱਖ ਹਮੇਸ਼ਾ ਦੇਸ਼ ਦੀ ਰਾਖੀ ਲਈ ਤਲਵਾਰ ਬਣਕੇ ਰਹੇ ਹਨ, ਅਤੇ ਬਣੇ ਰਹਿਣਗੇ : ਸੁਖਬੀਰ ਸਿੰਘ ਬਾਦਲ

  • ਕਸ਼ਮੀਰ ਦੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲਾ ਦੁਖਦਾਈ : ਸੁਖਬੀਰ ਸਿੰਘ ਬਾਦਲ

ਚੰਡੀਗੜ, 07 ਮਈ 2025 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਨਾਅ ਤੋਂ ਬਾਅਦ ਕਸ਼ਮੀਰ ਦੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਸ਼ਮੀਰ ਅੰਦਰ ਹਮਲੇ ਦੌਰਾਨ ਮਾਰੇ ਗਏ ਚਾਰ ਗੁਰਸਿੱਖ, ਜਿਨ੍ਹਾਂ ਵਿੱਚ ਭਾਈ ਅਮਰੀਕ ਸਿੰਘ ਜੀ (ਇੱਕ ਰਾਗੀ ਸਿੰਘ), ਭਾਈ ਅਮਰਜੀਤ ਸਿੰਘ ਅਤੇ ਭਾਈ ਰਣਜੀਤ ਸਿੰਘ ਸ਼ਾਮਲ ਸਨ, ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਸੁਖਬੀਰ ਸਿੰਘ ਬਾਦਲ ਨੇ ਮ੍ਰਿਤਕ ਗੁਰਸਿੱਖਾਂ ਦੇ ਪਰਿਵਾਰਾਂ ਨਾਲ ਪੂਰੀ ਏਕਤਾ ਦਾ ਪ੍ਰਗਟਾਵਾ  ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਉਨ੍ਹਾਂ ਦੇ ਨਾਲ ਖੜ੍ਹਾ ਹੈ। ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰਾਂ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਸ਼ਹੀਦਾਂ ਨੂੰ ਉਨ੍ਹਾਂ ਦੀ ਕੁਰਬਾਨੀ ਲਈ ਸਨਮਾਨਿਤ ਕੀਤਾ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਉਨ੍ਹਾਂ ਦੇ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੀ ਮੱਦਦ ਲਈ ਢੁਕਵਾਂ ਮੁਆਵਜ਼ਾ ਮਿਲੇ। ਸਿੱਖ ਹਮੇਸ਼ਾ ਦੇਸ਼ ਦੀ ਰਾਖੀ ਲਈ ਤਲਵਾਰ ਬਣਕੇ ਰਹੇ ਹਨ, ਅਤੇ ਬਣੇ ਰਹਿਣਗੇ। ਅਸੀਂ ਆਪਣੀਆਂ ਹਥਿਆਰਬੰਦ ਫੌਜਾਂ ਨਾਲ ਚੱਟਾਨ ਵਾਂਗ ਖੜ੍ਹੇ ਹਾਂ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਅਤੇ ਸਾਡਾ ਦੇਸ਼ ਸ਼ਾਂਤੀ ਵਿੱਚ ਵਿਸ਼ਵਾਸ਼ ਰੱਖਦੇ ਹਨ, ਜੇਕਰ ਸਾਡੇ ਸਨਮਾਨ ਨੂੰ ਦੁਸ਼ਮਣ ਦੁਆਰਾ ਚੁਣੌਤੀ ਦਿੱਤੀ ਜਾਂਦੀ ਹੈ, ਤਾਂ ਅਸੀਂ ਆਪਣੇ ਦੇਸ਼ ਭਗਤੀ ਦੇ ਫਰਜ਼ਾਂ ਨੂੰ ਪੂਰਾ ਕਰਨ ਲਈ ਹਰ ਹੀਲਾ ਵਰਤਾਂਗੇ।