
- ਬੰਡਾਲਾ, ਸਫੀਪੁਰ ਅਤੇ ਜਾਣੀਆਂ ਵਿੱਚ ਕੀਤੀ ਨਸ਼ਾ ਮੁਕਤੀ ਯਾਤਰਾ
ਅੰਮ੍ਰਿਤਸਰ 17 ਮਈ 2025 : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਆਪਣੇ ਹਲਕੇ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ, ਜਾਣੀਆ ਅਤੇ ਸਫੀਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਭਾਗ ਲੈਂਦੇ ਹੋਏ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਅੱਜ ਤੋਂ ਰਾਜ ਭਰ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਹੁਣ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਹੀ ਹਟੇਗੀ। ਉਨ੍ਹਾਂ ਕਿਹਾ ਕਿ ਇਹ ਯਾਤਰਾ, ਜੋ ਕਿ ਜਾਗਰੂਕਤਾ ਸਭਾਵਾਂ ਦੇ ਰੂਪ ਵਿੱਚ ਕੀਤੀ ਜਾ ਰਹੀ ਹੈ, ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ 'ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਪੰਚਾਇਤ ਵਿਭਾਗ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਰਗਰਮ ਹਨ ਅਤੇ ਹਰੇਕ ਪੱਖ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਆਪਣੇ ਸੰਬੋਧਨ ਵਿਚ ਉਹਨਾਂ ਨੇ ਲੋਕਾਂ ਨੂੰ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰ ਵਿੱਚ ਜਾਣੂੰ ਕਰਵਾਇਆ। ਉਹਨਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਰੋਗੀਆਂ ਦਾ ਇਲਾਜ ਸਰਕਾਰ ਵੱਲੋਂ ਚਲਾਏ ਜਾ ਰਹੇ ਮੁਫਤ ਨਸ਼ਾ ਛੁਡਾਊ ਕੇਂਦਰਾਂ ਵਿੱਚ ਜਰੂਰ ਕਰਵਾਉਣ। ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਦੇ ਦਿਨ ਹੁਣ ਪੁੱਗ ਚੁੱਕੇ ਹਨ ਅਤੇ ਇਹ ਜਾਂ ਤਾਂ ਜੇਲਾਂ ਵਿੱਚ ਹੋਣਗੇ ਜਾਂ ਪੰਜਾਬ ਛੱਡ ਜਾਣਗੇ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਤੁਸੀਂ ਆਪੋ ਆਪਣੇ ਇਲਾਕੇ ਵਿੱਚ ਇਸ ਮੁੱਦੇ ਉੱਤੇ ਪਹਿਰਾ ਰੱਖੋ ਅਤੇ ਜੋ ਵੀ ਦੋਸ਼ੀ ਹੈ ਉਸ ਦੀ ਸੂਚਨਾ ਸਾਡੇ ਨਾਲ ਸਾਂਝੀ ਕਰੋ। ਅਸੀਂ ਕਿਸੇ ਦਾ ਨਾਮ ਦੱਸੇ ਬਗੈਰ ਅਜਿਹੀ ਕਾਰਵਾਈ ਕਰਾਂਗੇ ਕਿ ਉਸ ਦੀਆਂ ਆਉਣ ਵਾਲੀਆਂ ਪੁਸ਼ਤਾਂ ਵੀ ਯਾਦ ਰੱਖਣਗੀਆਂ। ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚ, ਮੋਹਤਬਰ, ਬੱਚੇ, ਜਵਾਨ, ਬਜ਼ੁਰਗ ਵੱਡੀ ਗਿਣਤੀ ਅਤੇ ਉਤਸ਼ਾਹ ਵਿੱਚ ਭਾਗ ਲੈਂਦੇ ਵਿਖਾਈ ਦਿੱਤੇ।