ਸੀ.ਐੱਮ. ਦੀ ਯੋਗਸ਼ਾਲਾ ਸਕੀਮ ਲੋਕਾਂ ਲਈ ਹੋ ਰਹੀ ਵਰਦਾਨ ਸਾਬਿਤ - ਜਗਰੂਪ ਸਿੰਘ ਸੇਖਵਾਂ

  • ਨਿਰੋਗ ਰਹਿਣ ਲਈ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਇਆ ਜਾਵੇ - ਸੇਖਵਾਂ

ਗੁਰਦਾਸਪੁਰ, 12 ਮਈ 2025 : ਸੀ.ਐੱਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ। ਇਸ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿੱਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਇੱਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ। ਸੀ.ਐੱਮ. ਦੀ ਯੋਗਸ਼ਾਲਾ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਇਹ ਸਕੀਮ ਯੋਗ ਪ੍ਰਤੀ ਲੋਕਾਂ ਦੀ ਦਿਲਚਸਪੀ ਵਧਾਉਣ ਵਿੱਚ ਲਗਾਤਾਰ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਸੀ.ਐੱਮ. ਦੀ ਯੋਗਸ਼ਾਲਾ ਸਕੀਮ ਦਾ ਲੋਕਾਂ ਨੂੰ ਬਹੁਤ ਸਾਰਾ ਲਾਭ ਮਿਲ ਰਿਹਾ ਹੈ ਜਿਸ ਦੇ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ 124 ਕਲਾਸਾਂ ਜਰੀਏ ਵੱਡੀ ਗਿਣਤੀ ਵਿੱਚ ਲੋਕ ਯੋਗ ਦਾ ਮੁਫ਼ਤ ਲਾਹਾ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ 25 ਯੋਗਾ ਮਾਹਿਰ ਟਰੇਨਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਯੋਗ ਦਾ ਅਨੰਦ ਉਠਾਉਂਦੇ ਹੋਏ ਮੈਡੀਟੇਸ਼ਨ, ਸਥੂਲ ਵਿਆਮ, ਯੋਗ-ਆਸਣ, ਪ੍ਰਾਣਾਯਾਮ, ਸੂਰੀਆ ਨਮਸਕਾਰ ਕਰਕੇ ਆਪਣੇ ਆਪ ਨੂੰ ਮਾਨਸਿਕ ਤੌਰ ਤੇ ਸਰੀਰਕ ਤੌਰ ਤੇ ਮਜ਼ਬੂਤ ਬਣਾਇਆ ਜਾ ਸਕਦਾ ਹੈ। ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗ ਆਸਣ ਕਰਨਾ ਬਹੁਤ ਜ਼ਰੂਰੀ ਹੈ ਯੋਗ ਨਾਲ ਬਹੁਤ ਲੋਕਾਂ ਨੂੰ ਫ਼ਾਇਦਾ ਮਿਲਿਆ ਹੈ। ਕਈਆਂ ਦਾ ਜੋੜਾਂ ਦਾ ਦਰਦ, ਗਠੀਆ, ਥਾਇਰਾਇਡ, ਹਾਈ ਬੀ .ਪੀ. ਸ਼ੂਗਰ, ਅਸਤਮਾ, ਸਾਈਟਿਕਾ ਦਾ ਦਰਦ, ਮਾਈਗਰੇਨ, ਕਮਰ ਦੇ ਦਰਦ, ਗੋਡਿਆਂ ਦੀ ਸਮੱਸਿਆ ਆਦਿ ਤੋਂ ਕਾਫ਼ੀ ਲਾਭ ਮਿਲਿਆ ਹੈ। ਯੋਗ ਦਾ ਲਾਭ ਲੈਂਦੇ ਹੋਏ ਲੋਕ ਆਪਣੀਆਂ ਬਿਮਾਰੀਆਂ ਨੂੰ ਠੀਕ ਕਰਦੇ ਹੋਏ ਆਰਥਿਕ ਮਾਨਸਿਕ ਸਰੀਰਕ ਪੱਖੋਂ ਆਪਣੇ ਆਪ ਨੂੰ ਮਜ਼ਬੂਤ ਬਣਾ ਰਹੇ ਹਨ। ਸੂਬੇ ਦੇ ਲੋਕਾਂ ਨੂੰ ਨਿਰੋਗ ਬਣਾਉਣ ਲਈ ਸੀ.ਐੱਮ. ਦੀ ਯੋਗਸ਼ਾਲਾ ਆਪਣਾ ਵੱਡਾ ਰੋਲ ਅਦਾ ਕਰ ਰਹੀ ਹੈ।