ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਦਿਸ਼ਾ ਸੁਧਾਰਨ ਲਈ ਕੀਤੇ ਅਹਿਮ ਉਪਰਾਲੇ : ਵਿਧਾਇਕ ਦਲਬੀਰ ਸਿੰਘ ਟੋਂਗ

ਖਡੂਰ ਸਾਹਿਬ, 16 ਅਪ੍ਰੈਲ 2025 : ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੋਂਗ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਜਵੰਦਪੁਰ, ਮੀਆਂਵਿੰਡ ਤੇ ਫਾਜ਼ਲਪੁਰ ਵਿਖ਼ੇ ਉਦਘਾਟਨ ਸਮਾਰੋਹ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਜਿੱਥੇ ਸਿੱਖਿਆ ਦਾ ਮਹੌਲ ਠੀਕ ਕੀਤਾ ਹੈ,  ਉੱਥੇ ਸਕੂਲਾਂ ਦੀਆਂ ਇਮਾਰਤਾਂ ਦੀ ਕਾਇਆ ਕਲਪ ਕਰਦਿਆਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਨਿਰਮਾਣ ਕੀਤੇ ਹਨ। ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਹਨਾਂ ਦੀ ਸਰਕਾਰ ਦੀ ਗਰੰਟੀ ਸੀ ਕਿ ਸੱਤਾ ਵਿੱਚ ਆਉਣ ਤੇ ਸਿੱਖਿਆ ਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਆਪਣੀ ਹਾਲਤ ਆਪ ਬਿਆਨ ਕਰ ਰਹੇ ਹਨ। ਉਹਨਾਂ ਕਿਹਾ ਕਿ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਹੈ, ਤੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈ.ਏ.ਐਸ.,ਆਈ.ਪੀ.ਐਸ., ਪੀ.ਸੀ.ਐਸ. ਤੇ ਆਈ. ਆਈ. ਟੀ. ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿਚ ਪਹੁੰਚ ਗਏ ਸਨ ਅਤੇ ਲੋਕ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ 'ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਸਨ। ਪ੍ਰੰਤੂ ਜਦੋਂ ਤੋਂ ਆਪ ਸਰਕਾਰ ਨੇ ਕਾਰਜ ਭਾਰ ਸੰਭਾਲਿਆ ਹੈ, ਉਦੋਂ ਤੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜ਼ੀਹੀ ਖੇਤਰ ਮੰਨਦਿਆਂ ਸਰਬ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਜਿਸ ਸਦਕਾ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖਲੇ ਵਿਚ ਵੱਡਾ ਵਾਧਾ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਰ ਰੋਜ਼ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਹੋ ਰਹੇ ਹਨ, ਜੋ ਕਿ ਮਾਣ ਵਾਲ਼ੀ ਗੱਲ ਹੈ। ਉਹਨਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹੋ ਰਹੇ ਇਹਨਾਂ ਕਾਰਜਾਂ ਤੋਂ ਵਿਰੋਧੀ ਵੀ ਬੁਖ ਲਾਹਟ ਵਿੱਚ ਹਨ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਮੁਖੀ,ਅਧਿਆਪਕ, ਪਿੰਡ ਵਾਸੀ ਅਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ।