ਪੰਜਾਬ ਯੂਨਾਈਟਿਡ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਯਾਦਵਿੰਦਰ ਸਿੰਘ ਦਾ  ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ’ਤੇ ਸਨਮਾਨ

ਅੰਮ੍ਰਿਤਸਰ, 14 ਮਈ 2025 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪੰਜਾਬ ਯੂਨਾਈਟਿਡ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸ. ਯਾਦਵਿੰਦਰ ਸਿੰਘ ਯਾਦਾ ਸੁਰਖਪੁਰ ਅਤੇ ਕਬੱਡੀ ਖਿਡਾਰੀ ਗੋਲੀ ਸੁਰਖਪੁਰੀਆਂ ਨੂੰ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਮੋਹਨ ਸਿੰਘ ਬੰਗੀ ਤੇ ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੀ ਕਬੱਡੀ ਦੀ ਟੀਮ ਦੇਸ਼ ਵਿਦੇਸ਼ ਅੰਦਰ ਸੰਸਥਾ ਦਾ ਨਾਂ ਉੱਚਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯਾਦਵਿੰਦਰ ਸਿੰਘ ਯਾਦਾ ਦਾ ਕਬੱਡੀ ਦੇ ਖੇਤਰ ਵਿਚ ਵੱਡਾ ਨਾਂ ਹੈ, ਜਿਨ੍ਹਾਂ ਨੂੰ ਦਫ਼ਤਰ ਆਉਣ ’ਤੇ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਯਾਦਵਿੰਦਰ ਸਿੰਘ ਯਾਦਾ ਨੂੰ ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਨਾਲ ਆਪਣੇ ਤਜ਼ਰਬੇ ਨੂੰ ਸਾਂਝਾ ਕਰਕੇ ਸਹਿਯੋਗ ਦੇਣ ਲਈ ਵੀ ਕਿਹਾ। ਉਨ੍ਹਾਂ ਸਿੱਖ ਨੌਜੁਆਨੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵੱਲ ਧਿਆਨ ਦੇਣ।