
- ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਬਾਰੇ ਪਟੀਸ਼ਨ ਸਬੰਧੀ ਆਮ ਰਾਏ ਬਣਾਉਣ ਲਈ ਯਤਨਸ਼ੀਲ : ਐਡਵੋਕੇਟ ਧਾਮੀ
- ਅਜਾਇਬਘਰ ’ਚ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਪੰਜ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਹੋਣਗੀਆਂ ਸੁਸ਼ੋਭਿਤ
- ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ
ਅੰਮ੍ਰਿਤਸਰ, 13 ਮਈ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਾਈ ਪਟੀਸ਼ਨ ਬਾਰੇ ਵਿਚਾਰ ਕਰਕੇ ਜਲਦ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਂ ਲਿਖੀ ਤਿੰਨ ਸਫ਼ਿਆਂ ਦੀ ਚਿੱਠੀ ’ਤੇ ਗੰਭੀਰ ਵਿਚਾਰ ਕਰਦਿਆਂ ਇਸ ਕੌਮੀ ਮਸਲੇ ਦੀ ਸੰਜੀਦਗੀ ਅਨੁਸਾਰ ਜਲਦ ਫੈਸਲਾ ਲੈਣ ਦੀ ਵਚਨਬੱਧਤਾ ਪ੍ਰਗਟਾਈ। ਇਕੱਤਰਤਾ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਵਿਸਥਾਰਤ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਜ਼ਿਕਰ ਕੀਤਾ ਹੈ। ਇਸ ਪੱਤਰ ਵਿਚ ਭਾਈ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਸਬੰਧੀ ਪਾਈ ਪਟੀਸ਼ਨ ਵਾਪਸ ਲੈਣ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੌਮੀ ਮਾਮਲਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀਆਂ ਨੁਮਾਇੰਦਾ ਜਥੇਬੰਦੀਆਂ, ਨਿਹੰਗ ਸਿੰਘਾਂ ਤੇ ਟਕਸਾਲਾਂ ਨਾਲ ਇਕੱਤਰਤਾਵਾਂ ਕਰਕੇ ਕੌਮੀ ਰਾਏ ਬਣਾਉਣ ਲਈ ਯਤਨਸ਼ੀਲ ਹੈ। ਇਸ ਸਬੰਧ ਵਿਚ ਪਹਿਲਾਂ ਦੋ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ 17 ਮਈ ਨੂੰ ਚੰਡੀਗੜ੍ਹ ਵਿਖੇ ਸਿੱਖ ਜੱਜਾਂ ਅਤੇ ਵਕੀਲਾਂ ਨਾਲ ਇਕੱਤਰਤਾ ਹੋਵੇਗੀ। ਇਸ ਮਗਰੋਂ ਨੁਮਾਇੰਦਾ ਪੰਥਕ ਇਕੱਠ ਸੱਦ ਕੇ ਪੰਥਕ ਭਾਵਨਾਵਾਂ ਅਨੁਸਾਰ ਫੈਸਲਾ ਲਿਆ ਜਾਵੇਗਾ। ਇਕੱਤਰਤਾ ਦੌਰਾਨ ਲਏ ਗਏ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਪੂੰਛ, ਜੰਮੂ ’ਚ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਪੀੜਤ ਪਰਿਵਾਰਾਂ ਲਈ ਬੇਹੱਦ ਦੁਖਦਾਈ ਹੈ ਅਤੇ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰੇਗੀ। ਇਕ ਹੋਰ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਬਾਬਾ ਅਟਲ ਰਾਏ ਸਾਹਿਬ ਤਕ ਸਾਹਿਬ ਦੇ ਰਸਤੇ ਦਾ ਸੁੰਦਰੀਕਰਨ ਕੀਤਾ ਜਾਵੇਗਾ। ਇਥੇ ਦੋਹੀਂ ਪਾਸੀਂ ਖ਼ੂਬਸੂਰਤ ਦਰੱਖ਼ਤ ਲਗਾਏ ਜਾਣਗੇ, ਤਾਂ ਜੋ ਸੰਗਤ ਨੂੰ ਹਰਿਆਵਲ ਭਰਪੂਰ ਤੇ ਛਾਂਦਾਰ ਵਾਤਾਵਰਨ ਮਿਲ ਸਕੇ। ਇਸ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਪਾਸੋਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਕੱਤਰਤਾ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਬਾਬਾ ਇੰਦਰਜੀਤ ਸਿੰਘ ਰਕਬੇਵਾਲੇ, ਬਾਬਾ ਬਿਸ਼ਨ ਸਿੰਘ ਤਰਨਾ ਦਲ ਬਾਬਾ ਬਕਾਲਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਧੀਰ ਸਿੰਘ ਚੀਮਾ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਕੱਤਰਤਾ ਦੀ ਆਰੰਭਤਾ ਮੌਕੇ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ, ਬਾਬਾ ਇੰਦਰਜੀਤ ਸਿੰਘ ਰਕਬੇਵਾਲੇ, ਸਾਬਕਾ ਮੈਂਬਰ ਸ. ਮੇਜਰ ਸਿੰਘ ਸਵੱਦੀ, ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦੇ ਪਿਤਾ ਸ. ਹਰਦਿਆਲ ਸਿੰਘ ਅਤੇ ਪੰੁਛ (ਕਸ਼ਮੀਰ) ’ਚ ਹਮਲੇ ਦੌਰਾਨ ਮਾਰੇ ਗਏ 4 ਸਿੱਖਾਂ ਸਬੰਧੀ ਸ਼ੋਕ ਮਤਾ ਪੜ੍ਹਿਆ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਜਲੀ ਦਿੱਤੀ ਗਈ।ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਅਮਨਦੀਪ ਸਿੰਘ, ਇੰਚਾਰਜ ਸ. ਅਜਜ਼ਾਦਦੀਪ ਸਿੰਘ, ਸ. ਮੇਜਰ ਸਿੰਘ, ਸ. ਗੁਰਮੇਜ ਸਿੰਘ, ਸ. ਮਲਕੀਤ ਸਿੰਘ ਆਦਿ ਮੌਜੂਦ ਸਨ।