ਸ਼ੋਸਲ ਮੀਡੀਆ 'ਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ : ਜ਼ਿਲਾ ਮੈਜਿਸਟ੍ਰੇਟ 

ਅੰਮ੍ਰਿਤਸਰ 10 ਮਈ 2025 : ਜਿਲਾ ਮਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਵੱਖੋ ਵੱਖ ਪਲੇਟਫਾਰਮ ਅਤੇ ਸੋਸ਼ਲ ਮੀਡੀਆ ਉੱਤੇ ਜ਼ਿਲੇ ਸਬੰਧੀ ਚੱਲ ਰਹੀਆਂ ਨਿਰਅਧਾਰ ਖਬਰਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਕਿਹਾ ਕਿ ਭਵਿੱਖ ਵਿੱਚ ਜੋ ਵੀ ਵਿਅਕਤੀ ਅਫਵਾਹਾਂ ਫੈਲਾਉਣ ਵਿੱਚ ਦੋਸ਼ੀ ਪਾਇਆ ਗਿਆ, ਉਸ ਖਿਲਾਫ ਪੁਲਿਸ ਕੇਸ ਦਰਜ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਅਫਵਾਹਾਂ, ਨਿਰਅਧਾਰ ਖਬਰਾਂ ਆਮ ਲੋਕਾਂ ਵਿੱਚ ਬੇਲੋੜੀ ਘਬਰਾਹਟ ਅਤੇ ਪ੍ਰਤੀਕੂਲ ਸਥਿਤੀਆਂ ਪੈਦਾ ਕਰ ਸਕਦੀਆਂ ਹਨ। ਸਿੱਟੇ ਵਜੋਂ ਲੋਕ ਕਈ ਵਾਰ ਅਜਿਹੀਆਂ ਖਬਰਾਂ ਦੇ ਮਗਰ ਲੱਗ ਕੇ ਗਲਤ ਫੈਸਲਾ ਕਰ ਲੈਂਦੇ ਹਨ ਜੋ ਕਿ ਜਾਨ ਅਤੇ ਮਾਲ ਲਈ ਹਾਨੀਕਾਰਕ ਹੋ ਸਕਦਾ ਹੈ। ਉਹਨਾਂ ਸਾਰੇ ਜ਼ਿਲ੍ਹਾ ਵਾਸੀਆਂ ਅਤੇ ਮੀਡੀਆ ਕਰਮੀਆਂ ਦੀ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਵਿੱਚ ਦਿੱਤੇ ਜਾ ਰਹੇ ਸਹਿਯੋਗ ਦੀ ਬਹੁਤ ਪ੍ਰਸ਼ੰਸਾ ਕੀਤੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਗੈਰ-ਪ੍ਰਮਾਣਿਤ ਜਾਣਕਾਰੀ ਫੈਲਾਉਣ ਤੋਂ ਬਚਣ ਦੀ ਅਪੀਲ ਕੀਤੀ। ਉਹਨਾਂ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਅਫਵਾਹਾਂ ਫੈਲਾਉਣ ਵਿੱਚ ਸ਼ਾਮਿਲ ਪਾਏ ਜਾਣ ਵਾਲੇ ਵਿਅਕਤੀਆਂ, ਸੰਸਥਾਵਾਂ ਜਾਂ ਸੋਸ਼ਲ ਮੀਡੀਆ ਹੈਂਡਲਾਂ ਨੂੰ ਸਖ਼ਤ ਕਾਨੂੰਨੀ ਨਤੀਜੇ ਭੁਗਤਣੇ ਪੈਣਗੇ।