
- ਲੋਕਾਂ ਦੇ ਘਰ ਉਜਾੜਨ ਵਾਲਿਆਂ ਨੂੰ ਮਹਿਲਾਂ ਦਾ ਸੁੱਖ ਨਹੀਂ ਲੈਣ ਦਿੱਤਾ ਜਾਵੇਗਾ-ਜਿਲਾ ਪੁਲਿਸ ਮੁਖੀ
ਅੰਮ੍ਰਿਤਸਰ 22 ਮਈ 2025 : ਅੱਜ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਜੰਡਿਆਲਾ ਗੁਰੂ ਨੇੜੇ ਪਿੰਡ ਧਾਰੜ ਵਿਖੇ ਦੋ ਨਸ਼ਾ ਸਮਗਲਰਾਂ ਦੇ ਘਰ ਜੇਸੀਬੀ ਮਸ਼ੀਨ ਦੀ ਸਹਾਇਤਾ ਨਾਲ ਢਾਹ ਦਿੱਤੇ। ਇਸ ਮੌਕੇ ਅਪਰੇਸ਼ਨ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਪੁਲਿਸ ਮੁਖੀ ਸ ਮਨਿੰਦਰ ਸਿੰਘ ਨੇ ਦੱਸਿਆ ਕਿ ਉਕਤ ਘਰ ਜੱਗਪ੍ਰੀਤ ਸਿੰਘ ਉਰਫ ਜੱਗਾ ਪੁਤਰ ਬਲਵਿੰਦਰ ਸਿੰਘ ਅਤੇ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਬਲਦੇਵ ਸਿੰਘ ਦੇ ਹਨ। ਉਹਨਾਂ ਦੱਸਿਆ ਕਿ ਇਹ ਦੋਵੇਂ ਲੰਮੇ ਸਮੇਂ ਤੋਂ ਨਸ਼ਾ ਵੇਚਣ ਦਾ ਧੰਦਾ ਕਰ ਰਹੇ ਹਨ। ਜਗਪ੍ਰੀਤ ਸਿੰਘ ਉੱਪਰ ਐਨਡੀਪੀਐਸ ਦੇ ਸੱਤ ਪਰਚੇ ਦਰਜ ਹਨ ਅਤੇ ਸੱਤੇ ਉੱਤੇ ਐਨਡੀਪੀਐਸ ਦੇ ਚਾਰ ਪਰਚੇ ਦਰਜ ਹਨ। ਉਹਨਾਂ ਦੱਸਿਆ ਕਿ ਉਕਤ ਦੋਵੇਂ ਦੋਸ਼ੀ ਇਸ ਵਕਤ ਵੀ ਜੇਲ ਵਿੱਚ ਹਨ। ਜ਼ਿਲ੍ਹਾ ਪੁਲਿਸ ਮੁਖੀ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਇਹ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੀਤੀ ਜਾ ਰਹੀ ਪੰਜਵੀਂ ਕਾਰਵਾਈ ਹੈ, ਜਿਸ ਵਿੱਚ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਨਜ਼ਾਇਜ਼ ਉਸਾਰੀਆਂ ਅਤੇ ਕਬਜ਼ਿਆਂ ਨੂੰ ਹਟਾਇਆ ਗਿਆ ਹੈ। ਉਹਨਾਂ ਕਿਹਾ ਕਿ ਇਹ ਲੋਕ ਜਿਨ੍ਹਾਂ ਨੇ ਆਪਣਾ ਘਰ ਉਸਾਰਨ ਲਈ ਕਈ ਲੋਕਾਂ ਦੇ ਘਰ ਉਜਾੜ ਦਿੱਤੇ ਨੂੰ ਮਹਿਲਾਂ ਦਾ ਸੁੱਖ ਨਹੀਂ ਲੈਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜੋ ਵੀ ਵਿਅਕਤੀ ਇਸ ਗੈਰ ਕਾਨੂੰਨੀ ਧੰਦੇ ਵਿੱਚ ਸ਼ਾਮਿਲ ਹੈ, ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜਿਸ ਤਹਿਤ ਦੋਸ਼ੀ ਵਿਅਕਤੀ ਨੂੰ ਜੇਲ ਦੇ ਨਾਲ ਨਾਲ ਉਸ ਦੀ ਸੰਪਤੀ ਜਬਤ ਕੀਤੀ ਜਾਣੀ ਜਾਂ ਉਸ ਦੀਆਂ ਨਜਾਇਜ਼ ਉਸਾਰੀਆਂ ਨੂੰ ਢਾਇਆ ਜਾਣਾ ਸ਼ਾਮਿਲ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਸਾਨੂੰ ਆਮ ਜਨਤਾ ਦਾ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ । ਉਹਨਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਗਈ ਸਹਾਇਤਾ ਸੂਚਨਾ ਦੇ ਆਧਾਰ ਉੱਤੇ ਹੀ ਪੰਜਾਬ ਪੁਲਿਸ ਲਗਾਤਾਰ ਨਸ਼ੇ ਦੀਆਂ ਵੱਡੀਆਂ ਵੱਡੀਆਂ ਖੇਪਾਂ ਬਰਾਮਦ ਕਰ ਰਹੀ ਹੈ। ਇਸ ਦੇ ਇਲਾਵਾ ਲੋਕਾਂ ਨੇ ਆਪ ਮੁਹਾਰੇ ਪੁਲਿਸ ਨਾਲ ਨਸ਼ੇ ਦੇ ਸੌਦਾਗਰਾਂ ਦੀ ਜਾਣਕਾਰੀ ਸਾਂਝੀ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਹੈ, ਜੋ ਕਿ ਕਾਬਲ ਏ ਤਾਰੀਫ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਇਹ ਵੀ ਦੱਸਿਆ ਕਿ ਜੋ ਲੋਕ ਨਸ਼ਿਆਂ ਦੇ ਆਦੀ ਹਨ, ਉਹਨਾਂ ਨੂੰ ਰੋਗੀ ਸਮਝਦੇ ਹੋਏ, ਲੋਕਾਂ ਵੱਲੋਂ ਇਹਨਾਂ ਦਾ ਇਲਾਜ ਕਰਵਾਉਣ ਲਈ ਨਸ਼ਾ ਛੁਡਾਊ ਕੇਂਦਰਾਂ ਜਾਂ ਓਟਸ ਸੈਂਟਰਾਂ ਦਾ ਸਹਾਰਾ ਵੀ ਲਿਆ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਵੇਲੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਉਕਤ ਕਿਸਮ ਦੇ ਰੋਗੀਆਂ ਦੇ ਇਲਾਜ ਲਈ 720 ਬੈਡਾਂ ਦੀ ਵਿਵਸਥਾ ਕੀਤੀ ਹੈ, ਜਿੱਥੇ ਹਰੇਕ ਰੋਗੀ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ, ਸੋ ਤੁਸੀਂ ਵੀ ਨਸ਼ੇ ਦੇ ਰੋਗ ਤੋਂ ਪੀੜਿਤ ਬੱਚਿਆਂ ਦੇ ਇਲਾਜ ਕਰਵਾ ਕੇ ਉਹਨਾਂ ਨੂੰ ਨਵੀਂ ਜ਼ਿੰਦਗੀ ਦਿਓ।