ਰੋਜ਼ਗਾਰ ਬਿਊਰੋ ਸਿਖਿਆਰਥੀਆਂ ਨੂੰ ਰੋਜ਼ਗਾਰ ਨਾਲ ਸਬੰਧਤ ਸੇਵਾਵਾਂ ਦੇਣ ਦੇ ਨਾਲ ਨਾਲ ਨਸ਼ਿਆਂ ਤੋਂ ਦੂਰ ਰਹਿਣ ਲਈ ਕਰ ਰਿਹੈ ਪ੍ਰੇਰਿਤ

  • ਸਰਕਾਰੀ ਆਈ.ਟੀ.ਆਈ. ਧਰਮਕੋਟ ਵਿਖੇ ਯੁੱਧ ਨਸ਼ਿਆਂ ਮੁਹਿੰਮ ਅਧੀਨ ਲਗਾਇਆ ਜਾਗਰੂਕਤਾ ਸੈਮੀਨਾਰ

ਮੋਗਾ, 22 ਮਈ 2025 : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਗਈ ਹੈ ਜਿਸ ਰਾਹੀਂ ਸਿਖਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਯਤਨ ਕੀਤੇ ਜਾ ਰਹੇ ਹਨ। ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਮੋਗਾ ਸ੍ਰੀਮਤੀ ਡਿੰਪਲ ਥਾਪਰ, ਨੇ ਦੱਸਿਆ ਕਿ ਵਿਭਾਗ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ ਨਾਲ ਨਸ਼ਿਆਂ ਦੇ ਦੁਸ਼ਪਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਰਕਾਰੀ ਆਈ.ਟੀ.ਆਈ (ਲੜਕੀਆਂ), ਧਰਮਕੋਟ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਇੱਕ ਸੈਮੀਨਾਰ ਲਗਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਨਸ਼ਿਆਂ ਦੇ ਬੁਰੇ ਪ੍ਰਭਾਵ ਅਤੇ ਬੁਰੀ ਸੰਗਤ ਤੋਂ ਬਚਣ ਲਈ ਜਰੂਰੀ ਨੁਕਤੇ ਸਾਂਝੇ ਕੀਤੇ। ਇਸ ਤੋਂ ਇਲਾਵਾ ਕਰੀਅਰ ਗਾਈਡੈਂਸ, ਰੋਜ਼ਗਾਰ ਮੇਲਿਆਂ ਅਤੇ ਸਕਿੱਲ ਡਿਵੈਲਪਮੈਂਟ ਪ੍ਰੋਗਰਾਮਾਂ ਲਈ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਵੀ ਕੀਤੀ ਗਈ। ਵਿਭਾਗ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ, ਸਕਿੱਲ ਟ੍ਰੇਨਿੰਗ, ਸਵੈ-ਰੋਜ਼ਗਾਰ, ਸਰਕਾਰੀ ਨੌਕਰੀਆਂ ਦੇ ਪੇਪਰਾਂ ਦੀ ਤਿਆਰੀ ਕਰਵਾਈ ਜਾ ਰਹੀ ਹੈ  ਤਾਂ ਜੋ ਨੋਜਵਾਨ ਰੋਜ਼ਗਾਰ ਪ੍ਰਾਪਤ ਕਰਕੇ  ਨਸ਼ਿਆਂ  ਅਤੇ ਹੋਰ ਕੁਰਹਿੱਤਾਂ ਤੋਂ ਦੂਰ ਰਹਿ ਸਕਣ।