
ਲੁਧਿਆਣਾ, 25 ਮਈ 2025 : ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੀ 64-ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਉਪ ਚੋਣ ਲਈ ਜਾਰੀ ਕੀਤੇ ਗਏ ਸ਼ਡਿਊਲ ਮੁਤਾਬਕ ਨੋਟੀਫਿਕੇਸ਼ਨ 26 ਮਈ ਨੂੰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਾਰੀਖ਼ 2 ਜੂਨ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਕੀਤੀ ਜਾਵੇਗੀ, ਜਦੋਂ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਤਾਰੀਖ਼ 5 ਜੂਨ, 2025 ਹੈ। ਸਿਬਿਨ ਸੀ ਨੇ ਕਿਹਾ ਕਿ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਨਤੀਜਾ 23 ਜੂਨ, 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਐਲਾਨਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 26 ਮਈ ਤੋਂ 2 ਜੂਨ ਤੱਕ ਕਿਸੇ ਵੀ ਕੰਮ ਵਾਲੇ ਦਿਨ ਭਰੇ ਜਾ ਸਕਦੇ ਹਨ। ਸਿਰਫ਼ 1 ਜੂਨ, ਐਤਵਾਰ ਨੂੰ ਛੁੱਟੀ ਹੋਣ ਕਾਰਨ ਨਾਮਜ਼ਦਗੀ ਦਾਖਲ ਨਹੀਂ ਕੀਤੀ ਜਾ ਸਕਦੀ। ਵੋਟਿੰਗ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਸਿਬਿਨ ਸੀ ਨੇ ਭਰੋਸਾ ਦਿੱਤਾ ਹੈ ਕਿ ਉਪ ਚੋਣ ਭਾਰਤੀ ਚੋਣ ਕਮਿਸ਼ਨ ਦੇ ਕਾਨੂੰਨਾਂ, ਨਿਯਮਾਂ ਅਤੇ ਨਿਯਮਾਂ ਅਨੁਸਾਰ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ।