ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਚੇਅਰਮੈਨ ਢਿੱਲੋਂ

  • ਕਰੀਬ 26.40 ਲੱਖ ਦੀ ਲਾਗਤ ਨਾਲ ਘਨੌਰ ਕਲਾਂ ਤੇ ਮੀਮਸਾ ਦੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਧੂਰੀ/ਸੰਗਰੂਰ, 3 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ, ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਲਾਹੇਵੰਦ ਸਾਬਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਘਨੌਰ ਕਲਾਂ ਤੇ ਮੀਮਸਾ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਾਫ਼ ਪੀਣ ਵਾਲਾ ਪਾਣੀ, ਹਾਈ ਸਪੀਡ ਵਾਈਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ, ਡੈਸਕ ਤੇ ਕੁਰਸੀਆਂ ਅਤੇ ਚਾਰਦੀਵਾਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਚੇਅਰਮੈਨ ਢਿੱਲੋਂ ਨੇ ਸਰਕਾਰੀ ਹਾਈ ਸਕੂਲ ਘਨੌਰ ਕਲਾਂ ਵਿਖੇ 10 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਮਸਾ ਵਿਖੇ 16.40 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ। ਇਸ ਮੌਕੇ ਚੇਅਰਮੈਨ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਨੂੰ ਤਰਜੀਹੀ ਖੇਤਰਾਂ ਵਜੋਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਚ 12 ਫੀਸਦੀ ਵਾਧਾ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਸਮਾਗਮਾਂ ਦੌਰਾਨ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਦੱਸਿਆ ਕਿ ਮੌਜੂਦਾ ਵਰ੍ਹੇ ਸਰਕਾਰੀ ਸਕੂਲਾਂ ਦੇ ਲਗਭਗ 200 ਵਿਦਿਆਰਥੀਆਂ ਨੇ ਜੇ.ਈ.ਈ. ਦਾ ਟੈਸਟ ਪਾਸ ਕਰਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਪੱਛੜ ਗਏ ਸਨ ਜਿਸ ਨੂੰ ਸੂਬਾ ਸਰਕਾਰ ਵੱਲੋਂ ਮੁੜ ਲੀਹਾਂ ਤੇ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਨਾਲ-ਨਾਲ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਅਧਿਆਪਕਾਂ ਦੀ ਪੱਕੀ ਭਰਤੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਹੀ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਧੀਆ ਸਹੂਲਤਾਂ ਉਪਲਬਧ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਹੈੱਡ ਪਰਮਜੀਤ ਸਿੰਘ ਕੈਂਥ, ਕੰਪਿਊਟਰ ਅਧਿਆਪਕਾ ਨਵਜੋਤ ਕੌਰ, ਜਸਵਿੰਦਰ ਸਿੰਘ ਸਰਪੰਚ, ਅਮਨਦੀਪ ਸਿੰਘ ਚੇਅਰਮੈਨ ਐੱਸਐੱਮਸੀ ਕਮੇਟੀ, ਵੀ ਹਾਜ਼ਰ ਸਨ