ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਲਈ 18 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ : ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ 24 ਮਈ 2025 : ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਲਈ 18 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਸਿੱਖਿਆ ਖੇਤਰ ਨੂੰ ਤਰਜੀਹ ਦੇਣ ਲਈ ਬਹੁਤ ਗੰਭੀਰ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ 212 ਸਰਕਾਰੀ ਸਕੂਲਾਂ ਦੀ ਲਗਭਗ 100 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਨੁਹਾਰ ਬਦਲ ਰਹੀ ਹੈ। ਸਾਡੇ ਸਰਕਾਰੀ ਸਕੂਲ ਮਾਡਲ ਤੇ ਕਾਨਵੈਂਟ ਸਕੂਲਾਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਰਹੇ ਹਨ। "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜ ਨਾ ਸਿਰਫ਼ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਮਾਹੌਲ ਪ੍ਰਦਾਨ ਕਰਨਗੇ ਬਲਕਿ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਵਿੱਚ ਵੀ ਮੱਦਦ ਕਰਨਗੇ। ਸਿੱਖਿਆ ਖੇਤਰ ਵਿੱਚ ਸੁਧਾਰ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਏਗਾ ਅਤੇ ਇਹ ਸੂਬੇ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਨੇ ਸਰਕਾਰੀ ਸਕੂਲ ਝਿੰਜੜੀ ਵਿੱਚ ਨਵੀਨੀਕਰਨ 10.57 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਬੱਢਲ ਲੋਅਰ ਵਿੱਚ ਰਿਪੇਅਰ 4.55 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਨਿੱਕੂਵਾਲ ਵਿੱਚ ਕਲਾਸਰੂਮ ਤੇ ਰਿਪੇਅਰ 12.62 ਲੱਖ ਰੁਪਏ, ਸਰਕਾਰੀ ਮਿਡਲ ਸਕੂਲ ਨਿੱਕੂਵਾਲ ਵਿੱਚ  ਚਾਰਦੀਵਾਰੀ ਤੇ 1.75 ਲੱਖ , ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਵਿੱਚ ਰਿਪੇਅਰ ਤੇ ਚਾਰਦੀਵਾਰੀ 31.06 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਲੋਦੀਪੁਰ ਵਿੱਚ ਹੋਲੀਸਟਿਕ ਪਲਾਨ ਤੇ ਰਿਪੇਅਰ ਲਈ 26.58 ਲੱਖ ਰੁਪਏ, ਸਰਕਾਰੀ ਮਿਡਲ ਸਕੂਲ ਲੋਦੀਪੁਰ ਵਿੱਚ ਚਾਰਦੀਵਾਰੀ 7 ਲੱਖ ਰੁਪਏ ਤੇ ਸਰਕਾਰੀ ਪ੍ਰਾਇਮਰੀ ਸਕੂਲ ਮਟੋਰ ਨਵੇ ਕਲਾਸ ਰੂਮ ਤੇ ਰਿਪੇਅਰ 12.28 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਨੇ ਵਿਦਿਆਰਥੀਆਂ, ਮਾਪਿਆ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਸਰਕਾਰੀ ਸਕੂਲਾਂ ਵਿਚ ਕਰਵਾਈਆਂ ਸੱਭਿਆਚਾਰਕ ਪੇਸ਼ਕਾਰੀਆਂ ਦੀ ਸ਼ਲਾਘਾ ਕਰਦੇ ਹੋਏ ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾ ਮਾਰ ਰਹੇ ਹਨ, ਖੇਡਾਂ ਦੇ ਖੇਤਰ ਵਿਚ ਵੀ ਜਿਕਰਯੋਗ ਪ੍ਰਾਪਤੀਆਂ ਹੋਈਆਂ ਹਨ। ਇਸ ਮੌਕੇ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵੱਲ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵੱਲ ਧਿਆਨ ਨਾ ਦੇਣ ਕਾਰਨ ਸੂਬੇ ਵਿੱਚ ਵੱਡੀ ਪੱਧਰ ’ਤੇ ਪ੍ਰਾਈਵੇਟ ਸਕੂਲ ਖੁੱਲ੍ਹੇ ਅਤੇ ਸਿੱਖਿਆ ਨੂੰ ਮਹਿੰਗਾ ਕਰ ਕੇ ਆਮ ਲੋਕਾਂ ਦੇ ਬੱਚਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਪਰ ਇਸ ਸਰਕਾਰ ਵੱਲੋਂ ਤਿੰਨ ਸਾਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਲਾ ਮਿਸਾਲ ਤਬਦੀਲੀਆਂ ਸਦਕਾ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਅਤੇ ਪੜ੍ਹਾਈ ਲਈ ਢੁੱਕਵਾਂ ਮਾਹੌਲ ਵਿਦਿਆਰਥੀਆਂ ਲਈ ਬਹੁਤ ਹੀ ਮਦਦਗਾਰ ਸਾਬਿਤ ਹੋਵੇਗਾ।