ਦੇਸ਼ ਅਤੇ ਦੇਸ਼ ਵਾਸੀਆਂ ਦੀ ਸੁਰੱਖਿਆ ਸਾਡੀ ਪਹਿਲ ਹੈ : ਖੁੱਡੀਆਂ / ਮੁੰਡੀਆਂ

ਫ਼ਿਰੋਜ਼ਪੁਰ, 10 ਮਈ 2025 : ਭਾਰਤ-ਪਾਕਿਸਤਾਨ ਸਰਹੱਦ ਉੱਤੇ ਬਣੀ ਸੰਵੇਦਨਸ਼ੀਲ ਸਥਿਤੀ ਮੌਕੇ ਸਰਹੱਦੀ ਜ਼ਿਲ੍ਹਿਆਂ ਦੇ ਲੋਕਾਂ ਨਾਲ ਖੜ੍ਹਨ ਦੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ ਦਾ ਦੌਰਾ ਕਰਕੇ ਸਰਹੱਦੀ ਖੇਤਰਾਂ ਵਿੱਚ ਹਾਲਾਤਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀਆਂ ਵੱਲੋਂ ਕੱਲ੍ਹ ਰਾਤ ਪਾਕਿਸਤਾਨ ਵੱਲੋਂ ਕੀਤੇ ਡਰੋਨ ਹਮਲਿਆਂ ਦੌਰਾਨ ਪਿੰਡ ਖਾਈ ਫ਼ੇਮੇ ਕੀ ਦੇ ਜਖ਼ਮੀ ਹੋਏ ਲੋਕਾਂ ਨਾਲ ਸਥਾਨਕ ਹਸਪਤਾਲ ਵਿਖੇ ਪਹੁੰਚ ਕੇ ਗੱਲਬਾਤ ਕੀਤੀ ਗਈ ਅਤੇ ਹਾਲ ਚਾਲ ਪੁੱਛਿਆ ਗਿਆ। ਉਨ੍ਹਾਂ ਜਖ਼ਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਪਾਸੋਂ ਪੂਰੀ ਸਹਾਇਤਾ ਦਾ ਭਰੋਸਾ ਦਿੱਤਾ ਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀਆਂ ਨੇ ਹਸਪਤਾਲ ਦੇ ਡਾਕਟਰਾਂ, ਸਿਹਤ ਅਧਿਕਾਰੀਆਂ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਉਪਲਬਧ ਦਵਾਈਆਂ, ਡਾਕਟਰਾਂ ਅਤੇ ਹੋਰ ਜਰੂਰੀ ਸਹੂਲਤਾਂ ਦਾ ਅਗਾਊ ਪ੍ਰਬੰਧ ਅਤੇ ਸਟਾਕ ਰੱਖਣ ਲਈ ਕਿਹਾ ਤਾਂ ਜੋ ਕਿਸੇ ਵੀ ਕਿਸਮ ਦੀ ਹੰਗਾਮੀ ਸਥਿਤੀ ਜਾਂ ਐਮਰਜੈਂਸੀ ਦੌਰਾਨ ਦਿੱਕਤ ਨਾ ਆਵੇ। ਕੈਬਨਿਟ ਮੰਤਰੀਆਂ ਨੇ ਫ਼ਿਰੋਜ਼ਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ਤੇ ਜਾਰੀ ਕੀਤੇ ਜਾਂਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਹਰ ਹਾਲ ਵਿੱਚ ਯਕੀਨੀ ਬਣਾਉਣ ਤਾਂ ਜੋ ਉਹ ਸੁਰੱਖਿਅਤ ਰਹਿ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਦੇਸ਼ ਵਾਸੀਆਂ ਦੀ ਸੁਰੱਖਿਆ ਸਾਡੀ ਪਹਿਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਲਗਾਤਾਰ ਸਲਾਹਕਾਰੀਆਂ ਜਾਰੀ ਕਰ ਰਿਹਾ ਹੈ ਅਤੇ ਵੱਖ-ਵੱਖ ਮਾਧਿਅਮਾਂ ਰਾਹੀਂ ਲੋਕਾਂ ਨੂੰ ਸੁਰੱਖਿਆ ਨੇਮਾਂ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜਾਰੀ ਬਲੈਕਆਊਟ ਦਾ ਪੂਰੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਕੈਬਨਿਟ ਮੰਤਰੀਆਂ ਨੇ ਕਿਹਾ ਕਿ ਪੰਜਾਬ ਸੂਬਾ ਆਪਣੇ ਦੇਸ਼ ਅਤੇ ਦੇਸ਼ ਦੀ ਸੈਨਾ ਦੇ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜ੍ਹਾ ਹਾਂ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਜਿਹੀ ਨਾਜ਼ੁਕ ਸਥਿਤੀ ਵਿੱਚ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੁਦ ਵੀ ਸਥਿਤੀ ਉਤੇ ਪੂਰੀ ਨਜ਼ਰ ਰੱਖ ਰਹੇ ਹਨ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਘੜੀ ਵਿੱਚ ਆਪਸੀ ਸਹਿਯੋਗ ਤੇ ਭਾਈਚਾਰਾ ਬਣਾ ਕੇ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਫੌਜਾ ਸਿੰਘ ਸਰਾਰੀ ਤੇ ਨਰੇਸ਼ ਕਟਾਰੀਆ, ਐਸਐਸਪੀ ਭੁਪਿੰਦਰ ਸਿੰਘ ਸਿੱਧੂ, ਐਸਡੀਐਮ ਜੀਰਾ ਗੁਰਮੀਤ ਸਿੰਘ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।