
- ਪਿੰਡ ਢਾਣੀ ਮੋਹਣਾ ਰਾਮ ਵਿੱਚ ਲੋਕਾਂ ਨੇ ਲਿਆ ਨਸ਼ੇ ਖਿਲਾਫ ਲੜਾਈ ਦਾ ਅਹਿਦ
ਫਾਜ਼ਿਲਕਾ 20 ਮਈ 2025 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ੁਰੂ ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮ ਦੇ ਤਹਿਤ ਢਾਣੀ ਮੋਹਣਾ ਰਾਮ ਵਿਖੇ ਜਾਗਰੂਕਤਾ ਪ੍ਰੋਗਰਾਮ ਅਤੇ ਗ੍ਰਾਮ ਸਭਾ ਕਰਵਾਈ ਗਈ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਹੀ ਨਸ਼ਾ ਪੀੜਤਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਸਰਕਾਰ ਸਾਡੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਯੂਥ ਕਲੱਬਾਂ ਨੂੰ ਪੁਨਰ ਸੁਰਜੀਤ ਕਰ ਰਹੀ ਹੈ। ਨਸ਼ਿਆਂ ਤੋਂ ਦੂਰ ਰਹਿ ਕੇ ਸਾਡੇ ਨੌਜਵਾਨ ਖੇਡਾਂ ਨਾਲ ਜੁੜਨ ਇਸ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਖੇਡ ਗਰਾਊਂਡ ਬਣਾਏ ਜਾ ਰਹੇ ਹਨ। ਉਹਨਾਂ ਨੇ ਦੱਸਿਆ ਕਿ ਇਸ ਪਿੰਡ ਵਿੱਚ ਵੀ 5 ਲੱਖ ਰੁਪਏ ਦੀ ਲਾਗਤ ਨਾਲ ਵਾਲੀਬਾਲ ਗਰਾਊਂਡ ਬਣਾਇਆ ਗਿਆ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਲਗਾਤਾਰ ਸਰਕਾਰੀ ਨੌਕਰੀਆਂ ਵੀ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਸ੍ਰੀ ਸਵਨਾ ਨੇ ਇਹ ਵੀ ਕਿਹਾ ਕਿ ਜਿਹੜੇ ਲੋਕ ਨਸ਼ੇ ਤੋਂ ਪੀੜਤ ਹਨ ਉਹਨਾਂ ਦਾ ਇਲਾਜ ਕਰਵਾਇਆ ਜਾਵੇਗਾ ਤੇ ਉਹਨਾਂ ਨੂੰ ਕਿਸੇ ਪ੍ਰਕਾਰ ਦਾ ਪੁਲਿਸ ਵੱਲੋਂ ਤੰਗ ਪਰੇਸ਼ਾਨ ਨਹੀਂ ਕੀਤਾ ਜਾਵੇਗਾ। ਸਗੋਂ ਇਲਾਜ ਤੋਂ ਬਾਅਦ ਉਹਨਾਂ ਨੂੰ ਹੁਨਰ ਸਿਖਲਾਈ ਕਰਵਾ ਕੇ ਰੋਜ਼ਗਾਰ ਨਾਲ ਵੀ ਜੋੜਿਆ ਜਾਵੇਗਾ। ਇਸ ਮੌਕੇ ਉਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਬੱਬੂ ਚੇਤੀਵਾਲ, ਪੰਚਾਇਤ ਅਫਸਰ ਦਰਸ਼ਨ ਸਿੰਘ,ਹਲਕਾ ਕੋਆਡੀਨੇਟਰ ਰਾਜੇਸ ਖੁਰਾਣਾ,ਸਰਪੰਚ ਪਿਆਰੋ ਬਈ, ਮੈਬਰ ਸੰਤੋ ਬਾਈ, ਸੀਲੋ ਬਾਈ, ਸਤਨਾਮ ਸਿੰਘ, ਬਲਵੀਰ ਸਿੰਘ, ਮੁਕੇਸ਼ ਸਿੰਘ ਐਸਆਈ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।