
ਅੰਮ੍ਰਿਤਸਰ, 02 ਮਈ 2025 : ਅੰਮ੍ਰਿਤਸਰ ਵਿੱਚ ਇੱਕ ਟਿੱਪਰ ਅਤੇ ਵਰਨਾ ਕਾਰ ਦੀ ਹੋਈ ਟੱਕਰ ਕਾਰਨ ਵਾਪਰੇ ਹਾਦਸੇ ਵਿੱਚ ਇੱਕੋ ਪਰਿਵਾਰ ਦੇ 4 ਲੋਕਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦੇਵ ਸਿੰਘ ਆਪਣੇ ਪਰਿਵਾਰ ਸਮੇਤ ਆਪਣੇ ਪੋਤਰੇ ਨੂੰ ਰਾਜਾਸਾਂਸੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਬਾਹਰਲੇ ਦੇਸ਼ ਲਈ ਚੜਾ ਕੇ ਵਾਪਸ ਆ ਰਹੇ ਸਨ, ਜਦੋਂ ਉਹ ਮਹਿਤਾ-ਅੰਮ੍ਰਿਤਸਰ ਹਾਈਵੇ ਤੇ ਪੈਂਦੇ ਪਿੰਡ ਜੀਵਨ ਪੰਧੇਰ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਦੀ ਇੱਕ ਟਿੱਪਰ ਨਾਲ ਸਿੱਧੀ ਟੱਕਰ ਹੋ ਗਈ, ਜਿਸ ਕਾਰਨ ਕਾਰ ਸਵਾਰ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਟੱਕਰ ਐਨੀ ਭਿਆਨਕ ਸੀ ਕਿ ਟਿੱਪਰ ਪਲਟ ਗਿਆ। ਟਿੱਪਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਰਾਹਗੀਂਰਾਂ ਨੇ ਜੱਦੋ-ਜਹਿਦ ਕਰਕੇ ਲਾਸਾਂ ਨੂੰ ਕਾਰ ਵਿੱਚ ਬਾਹਰ ਕੱਢਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ। ਘਟਨਾਂ ਦੀ ਸੂਚਨਾ ਮਿਲਦਿਆਂ ਥਾਣਾ ਤਰਸਿੱਕਾ ਦੇ ਇੰਚਾਰਜ ਬਲਵਿੰਦਰ ਸਿੰਘ ਬਾਜਵਾ ਪੁਲਿਸ ਪਾਰਟੀ ਨਾਲ ਹਾਦਸੇ ਵਾਲੀ ਜਗ੍ਹਾ ਪੁੱਜੇ ਅਤੇ ਘਟਨਾਂ ਦਾ ਜਾਇਜਾ ਲਿਆ। ਇਸ ਮੌਕੇ ਬਲਵਿੰਦਰ ਸਿੰਘ ਐਸਐਚਓ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਗੁਰਦੇਵ ਸਿੰਘ, ਮਲਕੀਤ ਕੌਰ, ਪਰਮਜੀਤ ਕੌਰ, ਧਰਮਿੰਦਰ ਸਿੰਘ ਦੀ ਮੌਤ ਹੋਈ ਹੈ, ਜੋ ਪਿੰਡ ਭੋਮਾ ਬੋਜਾ (ਗੁਰਦਾਸਪੁਰ) ਦੇ ਵਾਸੀ ਸਨ। ਉਨ੍ਹਾਂ ਦੱਸਿਆ ਕਿ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਟਿੱਪਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।