
- ਕੈਬਨਿਟ ਮੰਤਰੀ ਨੇ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ
ਚੰਡੀਗੜ੍ਹ, 23 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਪੰਜਾਬ ਸਿਲ ਸਕੱਤਰੇਤ ਵਿਖੇ ਵਿੱਤ ਤੇ ਪ੍ਰਸੋਨਲ ਵਿਭਾਗ ਦੇ ਅਧਿਕਾਰੀਆਂ ਨੂੰ ਕੰਟਰੈਕਟ ਅਤੇ ਆਊਟਸੋਰਸ ਦੋਵੇਂ ਵਰਗਾਂ ਦੇ ਕਰਮਚਾਰੀਆਂ ਦਾ ਕੇਸ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦੇ ਹੱਕ ‘ਚ ਤਿਆਰ ਕਰਨ ਲਈ ਕਿਹਾ। ਭੁੱਲਰ ਨੇ ਵਿਚਾਰ-ਵਟਾਂਦਰਾ ਕਰਨ ਮੌਕੇ ਕੰਟਰੈਕਟ ਤੇ ਆਊਟਸੋਰਸ ਕਰਮਚਾਰੀਆਂ ਨੂੰ ਛੇਤੀ ਪੱਕੇ ਅਤੇ ਕੰਟਰੈਕਟ ‘ਤੇ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਸਾਫ-ਸੁਥਰੀ ਪ੍ਰਕਿਰਿਆ ਅਪਣਾ ਕੇ ਇਨ੍ਹਾਂ ਮੁਲਾਜ਼ਮਾਂ ਨੂੰ ਬਣਦਾ ਹੱਕ ਦਿੱਤਾ ਜਾਵੇ। ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮ ਯੂਨੀਅਨਾਂ ਵੱਲੋਂ ਸਮੇਂ-ਸਮੇਂ ਉਠਾਈਆਂ ਵੱਖ-ਵੱਖ ਮੰਗਾਂ ਨੂੰ ਗੰਭੀਰਤਾ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕੰਟਰੈਕਟ ਅਤੇ ਆਊਣਟਸੋਰਸ ਮੁਲਾਜ਼ਮ ਟਰਾਂਸਪੋਰਟ ਵਿਭਾਗ ਲਈ ਮਹੱਤਵਪੂਰਨ ਹਨ ਅਤੇ ਸਰਕਾਰ ਹਮੇਸ਼ਾ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਰਹੇਗੀ। ਭੁੱਲਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਭਲਾਈ ਲਈ ਲਗਾਤਾਰ ਅਸਰਦਾਰ ਫੈਸਲੇ ਲੈ ਰਹੀ ਹੈ ਅਤੇ ਅਗਲੇ ਦਿਨਾਂ ਵਿੱਚ ਵੀ ਇਸੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਸਕਛਰ ਟਰਾਂਸਪੋਰਟ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਜਸਪ੍ਰੀਤ ਸਿੰਘ, ਡਾਇਰੈਕਟਰ ਸਟੇਟ ਟਰਾਂਸਪੋਰਟ ਰਾਜੀਵ ਗੁਪਤਾ, ਵਿਸ਼ੇਸ਼ ਸਕੱਤਰ ਪ੍ਰਸੋਨਲ ਉਪਕਾਰ ਸਿੰਘ ਅਤੇ ਡਿਪਟੀ ਸਕੱਤਰ ਵਿੱਤ ਜਤਿੰਦਰ ਕੁਮਾਰ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।